ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੀ ਸੂਬਾ ਇਕਾਈ ਵਿੱਚ ਅਸਹਿਮਤੀ ਦੇ ਕਾਂਗਰਸ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਦੇ ਨੇਤਾਵਾਂ ਅਤੇ ਵਰਕਰਾਂ ਦੇ ਸਮਰਪਣ ‘ਤੇ ਜ਼ੋਰ ਦਿੱਤਾ।
ਉਨ੍ਹਾਂ ਦੀ ਇਹ ਟਿੱਪਣੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਮਾਨ, ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਆਈ ਹੈ।
ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕੀਤਾ।
ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ 'ਚ ਦਾਅਵਾ ਕੀਤਾ ਸੀ ਕਿ ਸੂਬੇ ਦੀ ਸੱਤਾਧਾਰੀ ਪਾਰਟੀ 'ਆਪ' ਦੇ 30 ਤੋਂ ਵੱਧ ਵਿਧਾਇਕ ਉਨ੍ਹਾਂ ਦੀ ਪਾਰਟੀ ਦੇ ਸੰਪਰਕ 'ਚ ਹਨ ਅਤੇ ਆਪਣਾ ਪੱਖ ਬਦਲ ਸਕਦੇ ਹਨ।
ਬਾਜਵਾ ਨੇ ਦਾਅਵਾ ਕੀਤਾ ਸੀ ਕਿ ਇਨ੍ਹਾਂ ਵਿਧਾਇਕਾਂ ਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਹੈ ਕਿ 'ਆਪ' ਨਾਲ ਰਹਿਣਾ ਲੰਬੇ ਸਮੇਂ ਲਈ ਸਿਆਸੀ ਤੌਰ 'ਤੇ ਲਾਭਦਾਇਕ ਨਹੀਂ ਹੋਵੇਗਾ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਇਨ੍ਹਾਂ ਦਾਅਵਿਆਂ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ, "ਬਾਜਵਾ ਇਹ ਕਹਿ ਰਹੇ ਹਨ। ਉਨ੍ਹਾਂ ਨੂੰ ਸਾਡੇ ਵਿਧਾਇਕਾਂ ਦੀ ਗਿਣਤੀ ਨਹੀਂ ਕਰਨੀ ਚਾਹੀਦੀ, ਸਗੋਂ ਇਹ ਦੇਖਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਉਨ੍ਹਾਂ ਦੀ ਪਾਰਟੀ ਦੇ ਕਿੰਨੇ ਵਿਧਾਇਕ ਹਨ।" ਮਾਨ ਨੇ ਜ਼ੋਰ ਦੇ ਕੇ ਕਿਹਾ ਕਿ 'ਆਪ' ਆਗੂ "ਬਿਨਾਂ ਕਿਸੇ ਲਾਲਚ ਦੇ ਸਮਰਪਿਤ" ਸਨ।