ਅੱਜ ਅਧਿਆਪਕ ਦਿਵਸ ਮੌਕੇ ਸੰਗਰੂਰ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਦੌਰਾਨ ਕੰਪਿਊਟਰ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ।
ਪੁਲੀਸ ਨੇ ਧਰਨਾਕਾਰੀਆਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕੰਪਿਊਟਰ ਅਧਿਆਪਕ ਸੜਕ ’ਤੇ ਹੀ ਬੈਠ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਇਸ ਝਗੜੇ ਵਿੱਚ ਕੁਝ ਕੰਪਿਊਟਰ ਅਧਿਆਪਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਸ ਤੋਂ ਪਹਿਲਾਂ ‘ਕੰਪਿਊਟਰ ਅਧਿਆਪਿਕ ਯੂਨੀਅਨ ਪੰਜਾਬ’ ਦੇ ਬੈਨਰ ਹੇਠ ਸੂਬੇ ਭਰ ਦੇ ਸੈਂਕੜੇ ਕੰਪਿਊਟਰ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫ਼ਤਰ) ਦੇ ਬਾਹਰ ਰੈਲੀ ਕਰਕੇ ਸੂਬਾ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ।