ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਸਹਿਮਤੀ ਨਹੀਂ ਬਣ ਸਕੀ। ਜਿਸ ਪਿੱਛੋਂ ਕਿਸਾਨ ਨੇਤਾਵਾਂ ਨੇ ਐਲਾਨ ਕਰ ਦਿੱਤਾ ਹੈ ਕਿ ਅੱਜ 10 ਵਜੇ ‘ਦਿੱਲੀ ਕੂਚ’ ਕਰਨਗੇ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪ੍ਰੰਤੂ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਵੱਲ਼ ਵਧ ਰਹੇ ਹਨ। ਇਸ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਪ੍ਰਬੰਧ ਸਖਤ ਕਰ ਦਿੱਤੇ ਹਨ। ਕਿਸਾਨ 10 ਵਜੇ ਪੰਜਾਬ-ਹਰਿਆਣਾ ਬਾਰਡਰ ਉਤੇ ਪਹੁੰਚਣਗੇ। ਕਿਸਾਨਾਂ ਨੇ ਆਖਿਆ ਹੈ ਕਿ ਉਹ ਸਾਰੀਆਂ ਰੋਕਾਂ ਤੋੜ ਕੇ ਅੱਗੇ ਵਧਣਗੇ।