ਅਕਾਲ ਤਖ਼ਤ ਦੇ ਹੁਕਮਾਂ ਤੋਂ ਇਕ ਦਿਨ ਬਾਅਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫ਼ਾ ਰੱਦ ਕਰ ਦਿੱਤਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਇਕਮੁੱਠਤਾ ਦਿਖਾਉਂਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਅਸਤੀਫ਼ਾ ਪ੍ਰਵਾਨ ਨਾ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਸਮੇਤ ਸਾਰੇ ਤਖ਼ਤ ਦੇ ਜਥੇਦਾਰ ਅਸਤੀਫ਼ੇ ਦੇਣ ਲਈ ਮਜਬੂਰ ਹੋਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬੀਤੀ ਸ਼ਾਮ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਜੋ ਅਸਤੀਫਾ ਮਿਲਿਆ ਸੀ, ਉਸ ਨੂੰ ਵੀਰਵਾਰ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਗਿਆ।
“ਮੈਂ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਸੀ। ਸ਼੍ਰੋਮਣੀ ਕਮੇਟੀ ਉਨ੍ਹਾਂ ਅਤੇ ਹੋਰ ਜਥੇਦਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਇੱਕ ਹੋਰ ਅਹਿਮ ਘਟਨਾਕ੍ਰਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਹੋਰਨਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਅੰਮ੍ਰਿਤਸਰ ਵਿਖੇ ਬੰਦ ਕਮਰਾ ਮੀਟਿੰਗ ਕੀਤੀ।